Punjab news point : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ।
ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਤਰਨਤਾਰਨ ਦੇ ਪਿੰਡ ਹਵੇਲੀਆਂ ਦੇ ਰਹਿਣ ਵਾਲੇ ਮੁਲਜ਼ਮ ਬਲਵਿੰਦਰ ਬਿੱਲਾ, ਜੋ ਇਸ ਸਮੇਂ ਜ਼ਮਾਨਤ ‘ਤੇ ਹੈ, ਵਿਰੁੱਧ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਹਨ।
ਡੀਜੀਪੀ ਨੇ ਦੱਸਿਆ ਕਿ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪਰੀਵੈਂਸ਼ਨ ਆਫ ਇਲਿਸਿਟ ਟਰੈਫਿਕ-ਐਨਡੀਪੀਐਸ ਐਕਟ (ਪੀਆਈਟੀ-ਐਨਡੀਪੀਐਸ) ਦੀ ਧਾਰਾ 3 (1) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਜ਼ਰਬੰਦੀ ਦੇ ਸਮੇਂ ਦੌਰਾਨ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।

