Punjab news point : ਕੈਨੇਡਾ ਵੱਲੋਂ ਪਰਵਾਸੀ ਕਾਮਿਆਂ ਤੇ ਵਿਦਿਆਰਥੀਆਂ ਦਾ ਰਾਹ ਰੋਕਣ ਲਈ ਲਗਾਤਾਰ ਸਖਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਇਸ ਦੌਰਾਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਆਖਿਆ ਹੈ ਕਿ ਆਉਣ ਵਾਲੇ ਹਫ਼ਤਿਆਂ ਵਿਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਕੌਮਾਂਤਰੀ ਵਿਦਿਆਰਥੀਆਂ ਵੱਲੋਂ ਕੈਨੇਡਾ ਵਿਚ ਪਨਾਹ ਮੰਗਣ ਦਾ ਰਾਹ ਬੰਦ ਕੀਤਾ ਜਾ ਸਕਦਾ ਹੈ। ਇਸ ਫੈਸਲੇ ਨਾਲ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਦੱਸ ਦਈਏ ਕਿ ਟਰੂਡੋ ਸਰਕਾਰ ਦੀ ਸਖਤੀ ਤੋਂ ਬਾਅਦ ਇਥੇ ਗਏ ਵੱਡੀ ਗਿਣਤੀ ਗੈਰਕਾਨੂੰਨੀ ਪਰਵਾਸੀਆਂ ਨੇ ਸ਼ਰਨ ਮੰਗੀ ਹੈ, ਹਾਲਾਂਕਿ ਕੈਨੇਡਾ ਸਰਕਾਰ ਹੁਣ ਕੋਈ ਲਿਹਾਜ਼ ਕਰਨ ਦੇ ਮੂਡ ਵਿਚ ਨਹੀਂ ਹੈ।
ਮਾਰਕ ਮਿਲਰ ਨੇ ਪਾਰਲੀਮਾਨੀ ਕਮੇਟੀ ਅੱਗੇ ਪੇਸ਼ ਹੋਣ ਦੌਰਾਨ ਆਖਿਆ ਕਿ ਅਸਾਇਲਮ ਸਿਸਟਮ (Asylum system) ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ ਜਿਸ ਨੂੰ ਮੁਕੰਮਲ ਤੌਰ ਉਤੇ ਬਦਲਣਾ ਹੋਵੇਗਾ। ਕੈਨੇਡੀਅਨ ਅਧਿਕਾਰੀਆਂ ਵੱਲੋਂ ਪ੍ਰਦਾਨ ਕੀਤੇ ਗਏ ਅੰਕੜੇ ਦਰਸਾਉਂਦੇ ਹਨ ਕਿ ਸ਼ਰਨਾਰਥੀ ਤੇ ਪਨਾਹ ਦੇ ਦਾਅਵਿਆਂ ’ਤੇ ਕਾਰਵਾਈ ਕਰਨ ਲਈ ਔਸਤਨ ਉਡੀਕ ਦਾ ਸਮਾਂ ਲਗਭਗ 44 ਮਹੀਨੇ ਹੈ। ਇਮੀਗ੍ਰੇਸ਼ਨ ਅਤੇ ਰਫ਼ਿਊਜੀ ਬੋਰਡ ਕੋਲ ਅਕਤੂਬਰ ਦੇ ਅੰਤ ਤੱਕ ਅਸਾਇਲਮ ਦੇ 2 ਲੱਖ 60 ਹਜ਼ਾਰ ਤੋਂ ਵੱਧ ਦਾਅਵੇ ਵਿਚਾਰ ਅਧੀਨ ਸਨ ਅਤੇ ਜਦਕਿ ਇਹ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ।

