Punjab news point : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਸਰਕਾਰ 295 ਲੋਕਾਂ ਦੀ ਨਾਗਰਿਕਤਾ ਦੀ ਜਾਂਚ ਕਰ ਰਹੀ ਹੈ, ਜੋ ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਦੀ ਹਿਰਾਸਤ ਵਿੱਚ ਹਨ। ਅਮਰੀਕੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਵਾਪਸ ਭੇਜਣ ਦੇ ਆਦੇਸ਼ ਦਿੱਤੇ ਹਨ। ਵਿਦੇਸ਼ ਮੰਤਰੀ ਨੇ 13 ਮਾਰਚ ਨੂੰ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦੱਸਿਆ ਕਿ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਸਵੀਕਾਰ ਕੀਤਾ ਜਾਵੇਗਾ, ਜਿਨ੍ਹਾਂ ਦੇ ਭਾਰਤੀ ਨਾਗਰਿਕ ਹੋਣ ਦੀ ਪੁਸ਼ਟੀ ਹੋਵੇਗੀ।ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਜਨਵਰੀ 2025 ਤੋਂ 13 ਮਾਰਚ ਤੱਕ ਕੁੱਲ 388 ਭਾਰਤੀਆਂ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸਦਨ ਨੂੰ ਦੱਸਿਆ ਕਿ 2009 ਤੋਂ ਹੁਣ ਤੱਕ ਕੁੱਲ 15,952 ਭਾਰਤੀਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਜਾ ਚੁੱਕਾ ਹੈ। 2019 ਵਿੱਚ ਵੱਧ ਤੋਂ ਵੱਧ 2,042 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ।

