Punjab news point : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜਗਤਾਰ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ, ਉਕਤ ਏ.ਐਸ.ਆਈ. ਨੇ ਉਸ ਮਾਮਲੇ ਦੀ ਜਾਂਚ ਵਿੱਚ ਹਿੱਸਾ ਲੈਣ ਲਈ 15,000 ਰੁਪਏ ਦੀ ਰਿਸ਼ਵਤ ਮੰਗੀ। ਇਸ ਤੋਂ ਇਲਾਵਾ, ਉਸਨੇ ਤਲਾਸ਼ੀ ਦੌਰਾਨ ਸ਼ਿਕਾਇਤਕਰਤਾ ਦੇ ਘਰ ਤੋਂ ਜ਼ਬਤ ਕੀਤੇ ਗਏ ਸਾਮਾਨ ਨੂੰ ਵਾਪਸ ਕਰਨ ਦੇ ਬਦਲੇ 20000 ਰੁਪਏ ਹੋਰ ਮੰਗੇ ਹਨ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਏ.ਐਸ.ਆਈ. ਜਗਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ।

