ਪੰਜਾਬੀ ਯੂਨੀਵਰਸਿਟੀ ਹਿੰਸਾ ਮਾਮਲਾ

अन्य खबर पंजाब

Punjab news point : ਪੰਜਾਬੀ ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ ਵਾਪਰੇ ਅਣਸੁਖਾਵੇਂ ਘਟਨਾਕ੍ਰਮ ਬਾਬਤ ਸ਼ੁਰੂ ਕੀਤੀਆਂ ਕਾਰਵਾਈਆਂ ਅਗਲੇ ਪੜਾਅ ਵਿੱਚ ਪਹੁੰਚ ਗਈਆਂ ਹਨ। ਪੰਜਾਬੀ ਯੂਨੀਵਰਸਿਟੀ ਨੇ ਪ੍ਰੋ. ਸੁਰਜੀਤ ਸਿੰਘ ਵੱਲੋਂ ਚਾਰਜਸ਼ੀਟ ਦਾ ਜੁਆਬ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਵਿਭਾਗੀ ਜਾਂਚ ਸੇਵਾਮੁਕਤ ਜ਼ਿਲ੍ਹਾ ਸੈਸ਼ਨ ਜੱਜ ਵੀ.ਕੇ. ਗੁਪਤਾ ਦੇ ਹਵਾਲੇ ਕਰ ਦਿੱਤੀ ਹੈ। ਯੂਨੀਵਰਸਿਟੀ ਦੀ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਪ੍ਰੋ. ਸੁਰਜੀਤ ਸਿੰਘ ਦੀ ਮੁਅੱਤਲੀ ਦਾ ਹੁਕਮ ਜਾਰੀ ਕਰ ਦਿੱਤਾ ਹੈ। ਮੁਅੱਤਲੀ ਦੌਰਾਨ ਪ੍ਰੋ. ਸੁਰਜੀਤ ਸਿੰਘ ਦਾ ਹੈੱਡ ਕੁਆਰਟਰ ਯੂਨੀਵਰਸਿਟੀ ਕਾਲਜ ਘਨੌਰ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਖ਼ਿਲਾਫ਼ ਹਿੰਸਾ ਕਰਨ ਦੇ ਮਾਮਲੇ ਦੀ ਜਾਂਚ ਅਗਲੇ ਪੜਾਅ ਵਿੱਚ ਪਹੁੰਚ ਗਈ ਹੈ। ਪ੍ਰੋ. ਸੁਰਜੀਤ ਸਿੰਘ ਖ਼ਿਲਾਫ਼ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਮੁੱਢਲੀ ਜਾਂਚ ਸੇਵਾਮੁਕਤ ਵਧੀਕ ਸੈਸ਼ਨ ਜੱਜ ਜਸਵਿੰਦਰ ਸਿੰਘ ਨੇ ਕੀਤੀ ਸੀ। ਉਸ ਉਪਰੰਤ ਉਨ੍ਹਾਂ ਨੂੰ ਚਾਰਜਸ਼ੀਟ ਕੀਤਾ ਗਿਆ ਸੀ। ਪ੍ਰੋ. ਸੁਰਜੀਤ ਸਿੰਘ ਨੂੰ ਚਾਰਜਸ਼ੀਟ ਦਾ ਜੁਆਬ ਦੇਣ ਲਈ ਪੰਦਰਾਂ ਦਿਨ ਦਿੱਤੇ ਗਏ ਸਨ। ਹੁਣ ਪ੍ਰੋ. ਸੁਰਜੀਤ ਸਿੰਘ ਦਾ ਜੁਆਬ ਆਉਣ ਉਪਰੰਤ ਯੂਨੀਵਰਸਿਟੀ ਨੇ ਅਗਲੀ ਕਾਰਵਾਈ ਲਈ ਜਾਂਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀਆਂ ਕੁੱਝ ਸ਼ਿਕਾਇਤਾਂ ਪ੍ਰੋ. ਸੁਰਜੀਤ ਸਿੰਘ ਖ਼ਿਲਾਫ਼ ਆਈਆਂ ਸਨ। ਮੁੱਢਲੀ ਜਾਂਚ ਰਿਪੋਰਟ ਵਿੱਚ ਦਰਜ ਕੀਤਾ ਗਿਆ ਸੀ ਕਿ ਪ੍ਰੋ. ਸੁਰਜੀਤ ਸਿੰਘ ਦਾ ਵਿਦਿਆਰਥੀਆਂ ਨਾਲ ਵਿਹਾਰ ‘ਮਾੜਾ, ਰੁੱਖਾ ਅਤੇ ਫਾਹਿਸ਼’ ਹੈ ਜੋ ਅਧਿਆਪਕ ਦੇ ਅਹੁਦੇ ਨਾਲ ਮੇਲ਼ ਨਹੀਂ ਖਾਂਦਾ।ਪ੍ਰੋ. ਸੁਰਜੀਤ ਸਿੰਘ ਵੱਲੋਂ ਚਾਰਜਸ਼ੀਟ ਦਾ ਜੁਆਬ ਦਰਜ ਕਰਵਾਏ ਜਾਣ ਤੋਂ ਬਾਅਦ ਪਾਇਆ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਕਰਨੀ ਬਣਦੀ ਹੈ। ਅਗਲੀ ਕਾਰਵਾਈ ਤੋਂ ਪਹਿਲਾਂ ਛੁੱਟੀ ਉੱਤੇ ਚੱਲ ਰਹੇ ਪ੍ਰੋ. ਸੁਰਜੀਤ ਸਿੰਘ ਨੂੰ ‘ਮਿਤੀ 08.11.2023 ਤੋਂ ਅਗਲੇ ਆਦੇਸ਼ਾਂ ਤੱਕ ਤੁਰੰਤ ਮੁਅੱਤਲ’ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *