Punjab news point : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਖਿਆ ਕਿ ਉਹ ਚੰਡੀਗੜ੍ਹ ਪੰਜਾਬ ਦੇਣ ਦੇ ਮਾਮਲੇ ਵਿਚ ਪੰਜਾਬ ਦੇ ਸਾਰੇ ਹੱਕ ਪੂਰੇ ਹੋਣੇ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਪੁਨਰਗਠਨ ਤੇ ਯੂ ਟੀ ਦੀ ਸਿਰਜਣਾ ਵੇਲੇ ਲਏ ਗਏ ਸਾਰੇ ਫੈਸਲੇ ਇੰਨ ਬਿਨ ਲਾਗੂ ਕਰਵਾਉਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਜੀਠੀਆ ਨੇ ਪੰਜਾਬੀ ਇਹਨਾਂ ਦੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਦੇ ਮਾਮਲੇ ਵਿਚ ਇਸ ਦੇ ਹੱਕ ਨੂੰ ਖੋਰਾ ਲਾਉਣ ਵਾਸਤੇ ਵਾਰ-ਵਾਰ ਲਏ ਜਾ ਰਹੇ ਫੈਸਲਿਆਂ ਤੋਂ ਔਖੇ ਹਨ ਕਿਉਂਕਿ ਚੰਡੀਗੜ੍ਹ ਨੂੰ ਸਿਰਫ ਆਰਜ਼ੀ ਤੌਰ ’ਤੇ ਯੂ ਟੀ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਕਿਉਂਕਿ ਸਰਦਾਰ ਬਿੱਟੂ ਕੇਂਦਰੀ ਮੰਤਰੀ ਮੰਡਲ ਵਿਚ ਪੰਜਾਬੀਆਂ ਦੇ ਇਕਲੌਤੇ ਪ੍ਰਤੀਨਿਧ ਹਨ, ਇਸ ਲਈ ਉਹ ਯਕੀਨੀ ਬਣਾਉਣ ਕਿ ਕੇਂਦਰ ਵੱਲੋਂ ਲਏ ਗਏ ਸਾਰੇ ਫੈਸਲੇ ਲਾਗੂ ਕੀਤੇ ਜਾਣ।
ਅਕਾਲੀ ਆਗੂ ਨੇ ਕਿਹਾ ਕਿ 4 ਨਵੰਬਰ 1966 ਨੂੰ ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਨੋਟੀਫਿਕੇਸ਼ਨ ਵਿਚ ਸਪਸ਼ਟ ਕੀਤਾ ਸੀ ਕਿ ਯੂ ਟੀ ਵਿਚ ਸਾਰੀਆਂ ਪੋਸਟਾਂ ਪੰਜਾਬ ਤੇ ਹਰਿਆਣਾ ਸਟੇਟ ਕੇਡਰ ਤੋਂ ਭਰੀਆਂ ਜਾਣਗੀਆਂ। ਉਹਨਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਕਿਹਾਸੀ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਦੇ ਨਾਲ-ਨਾਲ ਯੂ ਟੀ ਪ੍ਰਸ਼ਾਸਨ ਦੇ ਪ੍ਰਤੀਨਿਧਾਂ ਦੀ ਕਮੇਟੀ ਬਣਾਈ ਜਾਵੇਗੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਯੂ ਟੀ ਵਿਚ ਸਾਰੀਆਂ ਆਸਾਮੀਆਂ ਇਹਨਾਂ ਦੋਵਾਂ ਰਾਜਾਂ ਤੋਂ ਸਥਾਈ ਤੌਰ ’ਤੇ ਭਰੇ ਜਾਣਾ ਯਕੀਨੀ ਬਣਾਇਆ ਜਾਵੇਗਾ।

